28
ਯਿਸੂ ਦਾ ਜੀ ਉੱਠਣਾ
ਮਰਕੁਸ 16:1-10; ਲੂਕਾ 24:1-12; ਯੂਹੰਨਾ 20:1-10
1 ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।
2 ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।
3 ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ।
4 ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।
5 ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ।
6 ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।
7 ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
8 ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।
9 ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।
10 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।
ਪਹਿਰੇਦਾਰਾਂ ਦੀ ਸੂਚਨਾ
11 ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
12 ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ
13 ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ
14 ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ।
15 ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
ਯਿਸੂ ਦਾ ਦਿਖਾਈ ਦੇਣਾ ਅਤੇ ਅੰਤਿਮ ਹੁਕਮ
ਮਰਕੁਸ 16:14-18; ਲੂਕਾ 24:36-49; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8
16 ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।
17 ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।
18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।